ਤਰਨਤਾਰਨ ਵਿੱਚ ਅੱਡਾ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਖੋਲ੍ਹਣ ਤੇ ਥਾਣਾ ਸਿਟੀ ਦੀ ਪੁਲਸ ਨੇ ਐੱਸ ਐੱਚ ਓ ਗੁਰਚਰਨ ਸਿੰਘ ਦੀ ਅਗਵਾਈ ਹੇਠ ਕੁਝ ਦੁਕਾਨਦਾਰਾਂ ਨੂੰ ਜਦੋਂ ਹਿਰਾਸਤ ਵਿੱਚ ਲੈ ਲਿਆ ਤਾਂ ਦੁਕਾਨਦਾਰਾਂ ਨੇ ਪ੍ਰਸ਼ਾਸਨ ਅਤੇ ਪੁਲਸ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਕਰਨ ਤੋਂ ਨਾਂਹ ਕਰ ਦਿੱਤੀ। ਸਮੂਹ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਥਾਣਾ ਸਿਟੀ ਵਿਖੇ ਐੱਸ ਐੱਚ ਓ ਗੁਰਚਰਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਰੋਜ਼ੀ ਰੋਟੀ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ। ਦੁਕਾਨਦਾਰਾਂ ਨੇ ਐਸਐਚਓ ਨੂੰ ਸਪਸ਼ਟ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਆਪਣੀਆਂ ਦੁਕਾਨਾਂ ਬੰਦ ਨਹੀਂ ਕਰਨੀਆਂ ਚਾਹੁੰਦੇ। ਦੁਕਾਨਦਾਰਾਂ ਨੇ ਕਿਹਾ ਕਿ ਦੁਕਾਨਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਜੀਵਨ ਦਾ ਸੰਕਟ ਪੈਦਾ ਹੋ ਰਿਹਾ ਹੈ। ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਰਕਾਰ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਬੰਦੋਬਸਤ ਕਰੇ।
ਇਸ ਮੌਕੇ ਥਾਣਾ ਸਿਟੀ ਦੇ ਐਸਐਚਓ ਗੁਰਚਰਨ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੇ ਹੁਕਮਾਂ ਦੇ ਪਾਬੰਦ ਹਨ।ਅਤੇ ਕੋਰੋਨਾ ਮਹਾਂਮਾਰੀ ਚਲਦਿਆਂ ਜੇਕਰ ਕੋਈ ਦੁਕਾਨਦਾਰ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਹ ਉਸ ਦੁਕਾਨਦਾਰ ਤੇ ਕਾਨੂੰਨੀ ਕਾਰਵਾਈ ਕਰਨਗੇ।