ਸ਼੍ਰੋਮਣੀ ਕਮੇਟੀ ਨੇ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

0
169

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਪਾਸੋਂ 15 ਜਨਵਰੀ 2021 ਤੱਕ ਪਾਸਪੋਰਟ ਮੰਗੇ ਹਨ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਸੌ ਸਾਲਾ ਦਿਵਸ 21 ਫ਼ਰਵਰੀ 2021 ਨੂੰ ਆ ਰਿਹਾ ਹੈ, ਜਿਸ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਸ਼ੁਰੂ ਕਰਦਿਆਂ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਨਿੱਜੀ ਤੌਰ ’ਤੇ ਜਮ੍ਹਾਂ ਕਰਵਾਉਣ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸੌ ਸਾਲਾ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਭੇਜਿਆ ਜਾਵੇਗਾ। ਇਸ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਦਿਹਾੜੇ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ 15 ਜਨਵਰੀ 2021 ਤੱਕ ਜਮ੍ਹਾਂ ਕਰਵਾ ਸਕਦੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਆਪ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਅਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਛਾਣ ਪੱਤਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂ ਪਾਸਪੋਰਟ ਸਾਈਜ਼ ਦੀਆਂ ਤਿੰਨ ਤਾਜ਼ਾ ਫੋਟੋਆਂ ਵੀ ਜ਼ਮ੍ਹਾਂ ਕਰਵਾਉਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੁਕੰਮਲ ਤੇ ਦਰੁੱਸਤ ਵੇਰਵੇ ਭੇਜੇ ਜਾਣ, ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ।